#🚨ਤਾਜ਼ਾ ਅਪਡੇਟ
ਫੁੱਲ ਡਰੈਸ ਰਿਹਰਸਲ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਥਿੰਦ ਨੇ ਲਹਿਰਾਇਆ ਕੌਮੀ ਝੰਡਾ
ਗਣਤੰਤਰ ਦਿਵਸ ਮੌਕੇ ਕੈਬਨਿਟ ਮੰਤਰੀ ਸ੍ਰੀ ਲਾਲਜੀਤ ਸਿੰਘ ਭੁੱਲਰ ਮੁੱਖ ਮਹਿਮਾਨ ਵਜੋਂ ਕਰਨਗੇ ਸ਼ਿਰਕਤ
ਸ੍ਰੀ ਮੁਕਤਸਰ ਸਾਹਿਬ, 24 ਜਨਵਰੀ (ਲਖਵਿੰਦਰ ਬਰਾੜ) ਗੁਰੂ ਗੋਬਿੰਦ ਸਿੰਘ ਸਟੇਡੀਅਮ, ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਗਣਤੰਤਰ ਦਿਵਸ ਦੀ ਫੁੱਲ ਡਰੈਸ ਰਿਹਰਸਲ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਗੁਰਪ੍ਰੀਤ ਸਿੰਘ ਥਿੰਦ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਅਤੇ ਉਨ੍ਹਾਂ ਵੱਲੋਂ ਕੌਮੀ ਝੰਡਾ ਲਹਿਰਾਇਆ ਗਿਆ।
ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ 26 ਜਨਵਰੀ ਨੂੰ ਗਣਤੰਤਰ ਦਿਵਸ ਦੌਰਾਨ ਸਭਿਆਚਾਰਕ ਪ੍ਰੋਗਰਾਮ ਦੇਸ਼ ਭਗਤੀ ਨਾਲ ਭਰਪੂਰ ਹੋਵੇਗਾ ਅਤੇ ਇਸ ਮੌਕੇ ਟਰਾਂਸਪੋਰਟ ਤੇ ਜੇਲ ਮੰਤਰੀ ਪੰਜਾਬ ਸ੍ਰੀ ਲਾਲਜੀਤ ਸਿੰਘ ਭੁੱਲਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।
ਝੰਡਾ ਲਹਿਰਾਉਣ ਉਪਰੰਤ ਉਨ੍ਹਾਂ ਵੱਲੋਂ ਪਰੇਡ ਦਾ ਨਿਰੀਖਣ ਕੀਤਾ ਗਿਆ ਅਤੇ ਮਾਰਚ ਪਾਸਟ ਦੌਰਾਨ ਪਰੇਡ ਤੋਂ ਸਲਾਮੀ ਲਈ ਗਈ।
ਇਸ ਮੌਕੇ ਉਨ੍ਹਾਂ ਕਿਹਾ ਕਿ ਵੱਖ-ਵੱਖ ਸਕੂਲਾਂ ਵੱਲੋਂ ਪੇਸ਼ ਕੀਤੀਆਂ ਜਾ ਰਹੀਆਂ ਵੰਨਗੀਆਂ, ਕੋਰੀਓਗ੍ਰਾਫੀਆਂ, ਪੀ.ਟੀ.ਸ਼ੋਅ ਦੀ ਰਿਹਰਸਲ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਕੂਲ ਮੁਖੀ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਆਪੋ-ਆਪਣੇ ਵਿਭਾਗ ਨਾਲ ਸਬੰਧਤ ਡਿਉਟੀਆਂ ਜੋ ਉਨ੍ਹਾਂ ਨੂੰ ਸੌਪੀਆਂ ਗਈਆਂ ਹਨ ਉਨ੍ਹਾਂ ਨੂੰ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣ ਅਤੇ ਬਕਾਇਆ ਰਹਿੰਦੇ ਕੰਮਾਂ ਨੂੰ ਤੈਅ ਸਮੇਂ ਅੰਦਰ ਮੁਕੰਮਲ ਕਰ ਲੈਣ।
ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਸਭਿਆਚਰਕ ਪ੍ਰੋਗਰਾਮ ਜਿਸ ਵਿਚ ਦੇਸ਼-ਭਗਤੀ ਨੂੰ ਦਰਸਾਉਂਦੀਆਂ ਕੋਰੀਓਗ੍ਰਾਫੀ, ਗਿੱਧਾ ਅਤੇ ਭੰਗੜਾ ਆਦਿ ਪੇਸ਼ ਕੀਤੇ ਜਾਣਗੇ ਅਤੇ ਵੱਖ-ਵੱਖ ਵਿਭਾਗਾਂ ਵੱਲੋਂ ਭਲਾਈ ਅਤੇ ਵਿਕਾਸ ਦੇ ਕੰਮਾਂ ਨੂੰ ਦਰਸਾਉਂਦੀਆਂ ਝਾਕੀਆਂ ਵੀ ਕੱਢੀਆਂ ਜਾਣਗੀਆਂ।
ਇਸ ਉਪਰੰਤ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ ਗਈ। ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਮਾਗਮ ਸਬੰਧੀ ਲੋੜੀਂਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਸਾਫ਼-ਸਫਾਈ, ਪੀਣ ਵਾਲੇ ਪਾਣੀ, ਬਿਜਲੀ, ਮੈਡੀਕਲ ਟੀਮਾਂ ਆਦਿ ਕੰਮਾਂ ਦੇ ਪ੍ਰਬੰਧ ਸਮੇਂ ਸਿਰ ਕਰ ਲਏ ਜਾਣ ਤਾਂ ਜੋ ਸਮਾਗਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।
ਇਸ ਮੌਕੇ ਐਸ.ਡੀ.ਐੱਮ. ਸ੍ਰੀਮਤੀ ਬਲਜੀਤ ਕੌਰ, ਐਸ.ਪੀ. (ਡੀ) ਸ੍ਰੀ ਮਨਮੀਤ ਸਿੰਘ ਢਿੱਲੋਂ, ਐਸ.ਪੀ. (ਐੱਚ) ਸ੍ਰੀਮਤੀ ਹਰਕਮਲ ਕੌਰ, ਡੀ.ਐਸ.ਪੀ. ਸ੍ਰੀ ਬਚਨ ਸਿੰਘ, ਉਪ ਜ਼ਿਲ੍ਹਾ ਸਿੱਖਿਆ ਆਫ਼ਸਰ ਸ੍ਰੀ ਰਜਿੰਦਰ ਕੁਮਾਰ ਸੋਨੀ, ਨਾਇਬ ਤਹਿਸੀਲਦਾਰ ਸ੍ਰੀਮਤੀ ਮਨਵੀਰ ਕੌਰ, ਜ਼ਿਲ੍ਹਾ ਖੇਡ ਅਫ਼ਸਰ ਸ੍ਰੀਮਤੀ ਅਨਿੰਦਰਵੀਰ ਕੌਰ ਬਰਾੜ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਸਕੂਲਾਂ ਦੇ ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ।