ਕੋਰੋਨਾਵਇਰਸ ਦੇ ਵਧਦੇ ਕਹਿਰ ਦੇ ਮੱਦੇਨਜ਼ਰ ਚੰਡੀਗੜ੍ਹ ਵਿਚ ਵੀ ਕਰਫਿਊ ਲਗਾ ਦਿੱਤਾ ਗਿਆ ਹੈ। ਪ੍ਰਸ਼ਾਸਨਿਕ ਅਧਿਕਾਰੀਆਂ ਦੀ ਮੀਟਿੰਗ ਵਿਚ ਇਹ ਫੈਸਲਾ ਲਿਆ ਗਿਆ ਹੈ ਕਿ ਅੱਜ ਅੱਧੀ ਰਾਤ ਤੋਂ ਬਾਅਦ ਕਰਫਿਊ ਲਾਗੂ ਹੋ ਜਾਵੇਗਾ। ਇਸ ਸਬੰਧੀ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਆਪਣੇ ਘਰਾਂ ਵਿਚ ਵੀ ਰਹਿਣ। ਇਸ ਸਬੰਧੀ ਸਿਰਫ ਜ਼ਰੂਰੀ ਸੇਵਾਵਾਂ ਹੀ ਜਾਰੀ ਰਹਿਣਗੀ। ਦੱਸ ਦਈਏ ਕਿ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਕਰਫਿਊ ਲਗਾਉਣ ਦਾ ਫੈਸਲਾ ਲਿਆ ਸੀ।ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਸੂਬਾ ਪੱਧਰੀ ਕਰਫਿਊ ਲਾਉਣ ਦਾ ਹੁਕਮ ਕੀਤਾ। ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ ਜਿਸ ਨੇ ਕੋਵਿਡ-19 ਦੇ ਟਾਕਰੇ ਲਈ ਇਹ ਸਖਤ ਤੇ ਸਿਖਰਲਾ ਫੈਸਲਾ ਲਿਆ ਹੈ। ਮੁੱਖ ਮੰਤਰੀ ਨੇ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਤੇ ਡੀ.ਜੀ.ਪੀ. ਦਿਨਕਰ ਗੁਪਤਾ ਨਾਲ ਸਥਿਤੀ ਦੀ ਸਮੀਖਿਆ ਕਰਨ ਤੋਂ ਬਾਅਦ ਬਿਨਾਂ ਛੋਟ ਤੋਂ ਪੂਰਨ ਕਰਫਿਊ ਦਾ ਐਲਾਨ ਕੀਤਾ।ਕਰੋਨਾ ਵਾਇਰਸ ਦੇ ਵਧਦੇ ਪ੍ਰਕੋਪ ਨੂੰ ਦੇਖਦਿਆਂ ਅਣਮਿੱਥੇ ਸਮੇਂ ਲਈ ਲਾਈਆਂ ਜਾ ਰਹੀਆਂ ਬੰਦਸ਼ਾਂ ਦੇ ਨਤੀਜੇ ਵਜੋਂ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਕੈਪਟਨ ਅਮਰਿੰਦਰ ਸਿੰਘ ਨੇ ਕਈ ਤਰ੍ਹਾਂ ਰਿਆਇਤਾਂ ਦਾ ਵੀ ਐਲਾਨ ਕੀਤਾ। ਲੋੜਵੰਦਾਂ ਨੂੰ ਖਾਣੇ, ਰਹਿਣ ਤੇ ਦਵਾਈਆਂ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਰਾਹਤ ਫੰਡ ਵਿੱਚੋਂ 20 ਕਰੋੜ ਰੁਪਏ ਮਨਜ਼ੂਰ ਕਰ ਦਿੱਤੇ ਗਏ ਅਤੇ ਡਿਪਟੀ ਕਮਿਸ਼ਨਰਾਂ ਤੇ ਐਸ.ਡੀ.ਐਮਜ਼ ਨੂੰ ਲੋੜਵੰਦਾਂ ਨੂੰ ਹਰ ਤਰ੍ਹਾਂ ਦੀ ਮਦਦ ਮੁਹੱਈਆ ਕਰਨ ਲਈ ਵੀ ਕਿਹਾ ਗਿਆ ਹੈ। ਮੁੱਖ ਮੰਤਰੀ ਨੇ ਸੂਬੇ ਵਿੱਚ ਬਿਜਲੀ, ਪਾਣੀ ਤੇ ਸੀਵਰੇਜ ਆਦਿ ਦੇ ਬਿੱਲਾਂ ਦੀ ਆਖਰੀ ਤਰੀਕ ਮੁਲਤਵੀ ਕਰਨ ਦਾ ਵੀ ਐਲਾਨ ਕੀਤਾ। #📣 ਪੰਜਾਬ 'ਚ ਕਰਫਿਊ ਦਾ ਐਲਾਨ