#🚨ਤਾਜ਼ਾ ਅਪਡੇਟ
ਬੀਤੀਂ ਸ਼ਾਮ ਤੱਕ ਜ਼ਿਲ੍ਹੇ ਵਿੱਚ 6138 ਮੀਟਰਕ ਟਨ ਝੋਨੇ ਦੀ ਹੋਈ ਖਰੀਦ- ਡਿਪਟੀ ਕਮਿਸ਼ਨਰ
ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕਾ ਝੋਨਾ ਲਿਆਉਣ ਤੇ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਲਈ ਕੀਤੀ ਅਪੀਲ
ਸ੍ਰੀ ਮੁਕਤਸਰ ਸਾਹਿਬ 11 ਅਕਤੂਬਰ (ਲਖਵਿੰਦਰ ਬਰਾੜ) ਮੰਡੀਆਂ ਵਿੱਚ ਕਿਸਾਨਾਂ ਦੀ ਫਸਲ ਦੀ ਨਾਲੋ-ਨਾਲ ਖਰੀਦ ਕਰਨ ਅਤੇ ਖਰੀਦ ਉਪਰੰਤ ਫਸਲ ਦੀ ਲਿਫਟਿੰਗ ਤੇ ਫਸਲ ਦੀ ਅਦਾਇਗੀ ਨੂੰ ਸਮੇਂ ਸਿਰ ਯਕੀਨੀ ਬਣਾਉਣ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ, ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਨੇ ਦਿੱਤੀ।
ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਬੀਤੇ ਦਿਨ ਤੱਕ ਕੁੱਲ 10515 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਅਤੇ 6138 ਮੀਟ੍ਰਿਕ ਟਨ ਝੋਨੇ ਦੀ ਖਰੀਦ ਹੋ ਚੁੱਕੀ ਹੈ।
ਉਨ੍ਹਾਂ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੇ ਦਿਨ ਤੱਕ ਪਨਗ੍ਰੇਨ ਵੱਲੋਂ ਕੁੱਲ 2985 ਮੀਟ੍ਰਿਕ ਟਨ, ਮਾਰਕਫ਼ੈਡ ਵੱਲੋਂ ਕੁੱਲ 1403 ਮੀਟ੍ਰਿਕ ਟਨ, ਪਨਸਪ ਵੱਲੋਂ ਕੁੱਲ 590 ਮੀਟ੍ਰਿਕ ਟਨ, ਵੇਅਰ ਹਾਊਸ ਵੱਲੋਂ ਕੁੱਲ 1110 ਮੀਟ੍ਰਿਕ ਟਨ ਅਤੇ ਪ੍ਰਾਈਵੇਟ ਫ਼ਰਮ ਵੱਲੋਂ ਕੁੱਲ 50 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਫ਼ਸਲ ਵੇਚਣ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਉਹਨਾਂ ਦੀ ਫ਼ਸਲ ਸਮੇਂ-ਸਿਰ ਖਰੀਦੀ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਉਹ ਵਾਤਾਵਰਨ ਪ੍ਰਦੂਸ਼ਣ ਨੂੰ ਠੱਲ੍ਹ ਪਾਉਣ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਬਰਕਰਾਰ ਰੱਖਣ ਲਈ ਝੋਨੇ ਦੀ ਪਰਾਲੀ ਤੇ ਇਸ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ।